ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ : ਡਾ. ਬਲਬੀਰ ਸਿੰਘ

ਪਟਿਆਲਾ, 26 ਅਗਸਤ - 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ।

ਪਟਿਆਲਾ, 26 ਅਗਸਤ - 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀ ਮਸ਼ਾਲ ਦਾ ਅੱਜ ਪਟਿਆਲਾ ਪੁੱਜਣ 'ਤੇ ਪਟਿਆਲਵੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਏ.ਡੀ.ਸੀ. ਮੈਡਮ ਕੰਚਨ ਨੇ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਮਸ਼ਾਲ ਦਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਬਰੈਂਡ ਅੰਬੈਸਡਰ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਹੀ ਹਨ। 
ਉਨ੍ਹਾਂ ਕਿਹਾ ਕਿ ਸੂਬੇ 'ਚ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਨਵੀਂ ਪਹਿਲਕਦਮੀ ਕਰਦਿਆਂ ਜਿਥੇ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ, ਉਥੇ ਹੀ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ 'ਚ ਜਾਣ ਵਾਲੇ ਖਿਡਾਰੀਆਂ ਨੂੰ ਪਹਿਲਾਂ ਤਿਆਰੀ ਲਈ ਵੀ ਰਾਸ਼ੀ ਦਿੱਤੀ ਤਾਂ ਜੋ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਤੇ ਉਹ ਆਪਣਾ ਸਰਵੋਤਮ ਪ੍ਰਦਰਸ਼ਨ ਕੌਮਾਂਤਰੀ ਪੱਧਰ 'ਤੇ ਦੇ ਸਕਣ। 
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਖੇਡਾਂ ਲਈ ਵਰਤਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 500 ਦੇ ਕਰੀਬ ਕੋਚਾਂ ਵੱਲੋਂ ਵੀ ਵਲੰਟੀਅਰ ਤੌਰ 'ਤੇ ਖਿਡਾਰੀਆਂ ਨੂੰ ਸਿਖਲਾਈ ਦੇਣ ਲਈ ਰਾਬਤਾ ਕੀਤਾ ਗਿਆ ਹੈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲਗਾਤਾਰ ਤੀਜੇ ਸਾਲ ਹੋ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। 
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਰਜਿਸਟਰੇਸ਼ਨ https://eservices.punjab.gov.in 'ਤੇ 28 ਅਗਸਤ ਤਕ ਕਰਵਾਉਣ।
ਇਸ ਮੌਕੇ ਡੀ.ਐਸ.ਪੀ. ਵੈਭਵ ਚੌਧਰੀ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਡੀ.ਐਸ.ਪੀ. ਅੱਛਰੂ ਰਾਮ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਲੋਕ ਗਾਇਕ ਜਤਿੰਦਰ ਜੀਤੂ ਵੀ ਮੌਜੂਦ ਸਨ।