ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਅਭਿਆਨ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਅਭਿਆਨ ਦਾ ਆਯੋਜਨ| ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟ ਫਤੂਹੀ ’ਚ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟ ਫਤੂਹੀ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫਤੂਹੀ ਦੇ ਇੰਚਾਰਜ ਪਰਵਿੰਦਰ ਕੁਮਾਰ ਨੇ ਆਏ ਮਹਿਰਾਂ ਦਾ ਸਵਾਗਤ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਅਭਿਆਨ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਇਸ ਅਭਿਆਨ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜ਼ਰੂਰਤ ’ਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਬੌਂਸ ਨੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਊਰਜਾ, ਮਸ਼ਰੂਮ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤਣ ਦੀ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸਕੂਲ ਅਭਿਆਨ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਇਕਜੁੱਟ ਕੀਤਾ। ਸਹਾਇਕ ਪ੍ਰੋਫੈਸਰ (ਕ੍ਰਿਸ਼ੀ ਇੰਜੀਨੀਅਰਿੰਗ) ਡਾ. ਅਜਾਇਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਾਂ ਸਬੰਧੀ ਮਸ਼ੀਨਰੀ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਅਭਿਆਨ ਵਿਚ ਅਹਿਮ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਵਲੋਂ ਸਾਰੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੇ ਸਿਹਤ ਅਤੇ ਮਾਨਵਤਾ ਦੇ ਬੂਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਵੱਖ-ਵੱਖ ਮੁਕਾਬਲੇ ਸਹਾਇਕ ਪ੍ਰੋਫੈਸਰ (ਕ੍ਰਿਸ਼ੀ ਇੰਜੀਨੀਅਰਿੰਗ) ਡਾ. ਅਜਾਇਬ ਸਿੰਘ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ੀਅਨ) ਸੁਨੀਤਾ, ਪ੍ਰੋਗਰਾਮ ਸਹਾਇਕ (ਕੰਪਿਊਟਰ) ਜਤਿੰਦਰ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਦੀ ਦੇਖਰੇਖ ਵਿਚ ਹੋਏ।