
ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸ਼ੁਭਾਸ ਸ਼ਰਮਾ ਲਿਫਟਿੰਗ ਦੀ ਸਮੱਸਿਆ ਦੇ ਹਲ ਲਈ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ ਪੱਤਰ ਦਿੱਤਾ
ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸ਼ੁਭਾਸ ਸ਼ਰਮਾ ਲਿਫਟਿੰਗ ਦੀ ਸਮੱਸਿਆ ਦੇ ਹਲ ਲਈ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 23 ਅਕਤੂਬਰ - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਿਜ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਪੰਜਾਬ ਦੇ ਕਿਸਾਨਾਂ ਨਾਲ ਵੱਡੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਲਾਇਕੀਆ ਕਾਰਨ ਕਿਸਾਨ ਪੰਜਾਬ ਦੀਆਂ ਮੰਡੀਆਂ ਵਿੱਚ ਖੱਜਲ ਖ਼ੁਆਰ ਹੋ ਰਹੇ ਹਨ।
ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਨੂੰ ਹਲ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲੀਫਟਿੰਗ ਦੀ ਸਮੱਸਿਆ ਦਿਨੋ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਕਿਸਾਨ, ਆੜ੍ਹਤੀਏ ਅਤੇ ਸ਼ੈਲਰ ਮਾਲਕ ਮੌਜੂਦਾ ਸਰਕਾਰ ਤੋਂ ਬਹੁਤ ਦੁਖੀ ਅਤੇ ਪਰੇਸ਼ਾਨ ਹਨ, ਪਰੰਤੂ ਪੰਜਾਬ ਸਰਕਾਰ ਨੂੰ ਕਿਸੇ ਗੱਲ ਦੀ ਕੋਈ ਚਿੰਤਾ ਨਹੀਂ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਲਿਫਟਿੰਗ ਦਾ ਕੰਮ ਠੀਕ ਢੰਗ ਨਾਲ ਹੋਣ ਨਾਲ ਮੰਡੀਆਂ ਵਿੱਚ ਫਸਲ ਦੇ ਢੇਰ ਲੱਗੇ ਹੋਏ ਹਨ ਅਤੇ ਬੀਤੇ ਦਿਨੀਂ ਹੋਈ ਬਰਸਾਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਤੁਰੰਤ ਜ਼ਰੂਰੀ ਕਦਮ ਨਾ ਚੁੱਕੇ ਤਾਂ ਅੱਗੇ ਦੁਸ਼ਹਿਰੇ ਤੇ ਹੋਰ ਤਿਉਹਾਰਾਂ ਦੀਆਂ ਛੁੱਟੀਆਂ ਹੋਣ ਕਾਰਨ ਇਹ ਸਮੱਸਿਆ ਹੋਰ ਗੰਭੀਰ ਹੋ ਜਾਵੇਗੀ।
ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਤੁਰੰਤ ਮੁਆਫ਼ ਕਰੇ, ਨੁਕਸਾਨ ਹੋਈਆਂ ਫਸਲਾਂ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਅਦਾ ਕਰੇ ਅਤੇ ਪੰਜਾਬ ਦੇ ਕਿਸਾਨ ਮਜ਼ਦੂਰਾਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਦੀਆਂ ਸਮੱਸਿਆ ਵੱਲ ਤੁਰੰਤ ਧਿਆਨ ਦੇਵੇ। ਇਸ ਮੌਕੇ ਉਹਨਾਂ ਦੇ ਨਾਲ ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸੂਬਾ ਸਹਿ ਕੈਸ਼ੀਅਰ ਸੁਖਵਿੰਦਰ ਗੋਲਡੀ, ਕਿਸਾਨ ਮੋਰਚਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਮਨਾਣਾ, ਜਗਜੀਤ ਸਿੰਘ ਔਜਲਾ, ਪਵਨ ਮਨੋਚਾ, ਅਨਿਲ ਗੁੱਡੂ, ਮਨਿੰਦਰ ਧੀਮਾਨ ਅਦਿ ਭਾਜਪਾ ਆਗੂ ਹਾਜ਼ਰ ਸਨ।
ਖਰੜ ਮੰਡੀ ਦਾ ਦੌਰਾ ਕਰਕੇ ਹਾਲਾਤ ਦਾ ਜਾਇਜਾ ਲਿਆ
ਇਸ ਦੌਰਾਨ ਭਾਜਪਾ ਆਗੂਆਂ ਵਲੋਂ ਖਰੜ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਸਰਕਾਰ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਭਾਜਪਾ ਆਗੂਆਂ ਨੇ ਦੱਸਿਆ ਕਿ ਹੁਣ ਤਕ ਮੰਡੀ ਵਿੱਚ ਪਹੁੰਚੀ ਕੁਲ ਫਸਲ ਦੀ ਸਿਰਫ 20 ਫੀਸਦੀ ਫਸਲ ਦੀ ਹੀ ਲਿਫਟਿੰਗ ਹੋਈ ਹੈ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਫਸਲ ਦੀ ਲਿਫਟਿੰਗ ਦੇ ਤੁਰੰਤ ਪ੍ਰਬੰਧ ਨਾ ਕੀਤੇ ਗਏ ਤਾਂ ਮਜਬੂਰਨ ਭਾਜਪਾ ਨੂੰ ਸਰਕਾਰ ਦੇ ਖਿਲਾਫ ਸੜਕਾਂ ਤੇ ਆਉਣਾ ਪਵੇਗਾ ਜਿਸਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।
