
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ
ਐਸ. ਏ. ਐਸ.ਨਗਰ, 4 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।
ਐਸ. ਏ. ਐਸ.ਨਗਰ, 4 ਦਸੰਬਰ - ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲੇ ਅਤੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਆਪਣੇ ਪ੍ਰਵਚਨਾਂ ਰਾਂਹੀ ਸੰਗਤਾਂ ਨੂੰ ਖੰਡੇ ਬਾਟੇ ਦੀ ਮਹੱਤਤਾ ਦਸੱਦੇ ਹੋਏ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ ਲਈ ਪ੍ਰਰਿਆ। ਇਸ ਤੋਂ ਇਲਾਵਾ ਬੀਬੀ ਦਲੇਰ ਕੌਰ ਖਾਲਸਾ ਨਕੋਦਰ ਵਾਲੀਆਂ ਬੀਬੀਆਂ ਦਾ ਇਟਰਨੈਸ਼ਨਲ ਢਾਡੀ ਜੱਥਾ, ਭਾਈ ਗੁਰਪ੍ਰੀਤ ਸਿੰਘ ਦਾ ਇਟਰਨੈਸ਼ਨਲ ਢਾਡੀ ਜੱਥਾ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ, ਸ਼੍ਰੋਮਣੀ ਪ੍ਰਚਾਰਕ ਭਾਈ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ, ਮਿਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਲੱਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਓਂਕਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਕਈ ਤਰ੍ਹਾਂ ਦੀਆਂ ਮਠਿਆਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ।
ਪ੍ਰਬੰਧਕ ਕਮੇਟੀ ਵਲੋਂ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਪੀ ਜੀ ਆਈ , ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੁਹਾਲੀ ਅਤੇ ਸਰਕਾਰੀ ਹਸਪਤਾਲ ਖਰੜ ਤੋਂ ਆਈਆਂ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਕੁੱਲ 1844 ਯੂਨਿਟ ਖੂਨ ਇਕੱਤਰ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਵਾਸਤੇ ਦੁੱਧ, ਜੂਸ, ਪਿੰਨੀਆਂ ਅਤੇ ਕਈ ਤਰ੍ਹਾਂ ਦੇ ਫਲਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਪ੍ਰਬੰਧਕ ਕਮੇਟੀ ਵੱਲੋਂ ਖੂਨਦਾਨੀਆਂ ਨੂੰ ਦੇਸੀ ਘਿਓ ਦੀ ਪੰਜੀਰੀ ਦਾ ਡੱਬਾ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।
ਇਸ ਖੂਨਦਾਨ ਕੈਂਪ ਵਿੱਚ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪ ਆ ਕੇ ਖੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ। ਇਸਦੇ ਨਾਲ ਹੀ ਸ ਪਰਵਿੰਦਰ ਸਿੰਘ ਸੋਹਾਣਾ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ। ਸ ਜਗਮੋਹਨ ਸਿੰਘ ਕਾਹਲੋਂ, ਸ ਸੁਰਜੀਤ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਖੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਅਨਮੋਲ ਜਿੰਦਗੀਆਂ ਨੂੰ ਲੋੜ ਪੈਣ ਤੇ ਖੂਨ ਦੇ ਕੇ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਦੇ ਨਾਲ ਨਾਲ ਨਸ਼ਿਆਂ ਤੋਂ ਵੀ ਬਚਾਅ ਰੱਖਣਾ ਚਾਹੀਦਾ ਹੈ ਤਾਂ ਜੋ ਇੱਕ ਸਿਹਤਮੰਦ ਅਤੇ ਨਰੋਏ ਸਮਾਜ ਦਾ ਨਿਰਮਾਣ ਹੋ ਸਕੇ।
